Latest News & Updates

ਬਲੂਮਿੰਗ ਬਡਜ਼ ਸਕੂਲ ਦੇ 30 ਵਿਦਿਆਰਥੀਆਂ ਨੇ ‘ਰਨ ਫਾਰ ਇਕੁਇਟੀ’ ਮੈਰਾਥਨ ਵਿੱਚ ਲਿਆ ਭਾਗ

ਬਲੂਮਿੰਗ ਬਡਜ਼ ਸਕੂਲ, ਮੋਗਾ ਦੇ 30 ਵਿਦਿਆਰਥੀਆਂ ਅਤੇ ਖੇਡ ਅਧਿਆਪਕਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਕਰਵਾਈ ਗਈ ‘ਰਨ ਫਾਰ ਇਕੁਇਟੀ’ ਮੈਰਾਥਨ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਭਾਗੀਦਾਰੀ ਲਈ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਸਰਕਾਰ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਕਰਵਾਈ ਗਈ ਇਸ 5 ਕਿਲੋਮੀਟਰ ਮੈਰਾਥਨ ਵਿੱਚ 1500 ਤੋਂ ਵੱਧ ਨੌਜਵਾਨਾਂ, ਖਿਡਾਰੀਆਂ ਅਤੇ ਮੋਗਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੈਰਾਥਨ ਦੀ ਸ਼ੁਰੂਆਤ ਸਵੇਰੇ 6:30 ਵਜੇ ਸਰਕਾਰੀ ਆਈ.ਟੀ.ਆਈ., ਮੋਗਾ ਤੋਂ ਹੋਈ। ਇਹ ਕੈਂਪ ਹਾਊਸ, ਜੋਗਿੰਦਰ ਸਿੰਘ ਚੌਂਕ, ਮੇਨ ਬਾਜ਼ਾਰ, ਗੁਰੂ ਨਾਨਕ ਕਾਲਜ ਅਤੇ ਕਲਾਕ ਟਾਵਰ ਤੋਂ ਹੁੰਦੀ ਹੋਈ ਮੁੜ ਸਰਕਾਰੀ ਆਈ.ਟੀ.ਆਈ. ਵਿਖੇ ਸਮਾਪਤ ਹੋਈ। ਬੀ.ਬੀ.ਐੱਸ. ਬੈਂਡ ਦੀ ਅਗਵਾਈ ਹੇਠ ਮੈਰਾਥਨ ਨੂੰ ਵਿਧਾਇਕ ਮੈਡਮ ਅਮਨ ਅਰੋੜਾ ਅਤੇ ਬਾਘਾਪੁਰਾਣਾ ਦੇ ਵਿਧਾਇਕ ਸ੍ਰੀ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਰਵਾਨਾ ਕੀਤਾ ਗਿਆ। ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੈਰਾਥਨ ਵਿੱਚ ਭਾਗ ਲੈ ਕੇ ਸਿਹਤਮੰਦ ਜੀਵਨ ਸ਼ੈਲੀ, ਸਰੀਰਕ ਤੰਦਰੁਸਤੀ ਅਤੇ ਖੇਡਾਂ ਪ੍ਰਤੀ ਆਪਣੀ ਰੁਚੀ ਦਾ ਪ੍ਰਗਟਾਵਾ ਕੀਤਾ। ਭਾਗੀਦਾਰੀ ਮੈਡਲ ਪ੍ਰਾਪਤ ਕਰਕੇ ਵਿਦਿਆਰਥੀਆਂ ਦਾ ਉਤਸ਼ਾਹ ਹੋਰ ਵਧਿਆ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਹਮੇਸ਼ਾ ਪ੍ਰੇਰਿਤ ਕੀਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਵਿੱਚ ਆਤਮ–ਵਿਸ਼ਵਾਸ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੋ ਸਕੇ। ਇਹ ਮੈਰਾਥਨ ਸਿਰਫ਼ ਇੱਕ ਖੇਡ ਗਤੀਵਿਧੀ ਨਹੀਂ, ਸਗੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਸਾਰਥਕ ਉਪਰਾਲਾ ਵੀ ਸੀ। ਗੁਰੂ ਸਾਹਿਬ ਨੇ ਸਮਾਜ ਨੂੰ ਬਰਾਬਰੀ, ਭਾਈਚਾਰੇ, ਮਨੁੱਖੀ ਸਾਂਝ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਇਸ ਮੈਰਾਥਨ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਤੰਦਰੁਸਤ ਜੀਵਨ ਅਪਣਾਉਣ ਅਤੇ ਸਮਾਜ ਵਿੱਚ ਸਮਾਨਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬਲੂਮਿੰਗ ਬਡਜ਼ ਸਕੂਲ ਦੇ ਪ੍ਰਿੰਸੀਪਲ ਡਾ. ਹਮੀਲੀਆਂ ਰਾਣੀ ਅਤੇ ਵਾਇਸ ਪ੍ਰਿੰਸੀਪਲ ਡਾ. ਨਿਧੀ ਬਰਾੜ ਵੱਲੋਂ ਮੈਰਾਥਨ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਖੇਡ ਅਧਿਆਪਕਾਂ ਨੂੰ ਸਕੂਲ ਦੀ ਅਸੈਂਬਲੀ ਮੌਕੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ–ਨਾਲ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਉਣ ਲਈ ਲਗਾਤਾਰ ਉਤਸ਼ਾਹਿਤ ਕਰਦਾ ਹੈ।