ਬਲੂਮਿੰਗ ਬਡਜ਼ ਸਕੂਲ ਵਿਖੇ ‘ਵਿਜੇ ਦਿਵਸ’ ਮੌਕੇ ਭਾਰਤੀ ਫੌਜ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬੀ.ਬੀ.ਐੱਸ. ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ 1971 ਦੀ ਭਾਰਤ-ਪਾਕਿਸਤਾਨ ਜੰਗ ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਦੀ ਯਾਦ ਵਿੱਚ ‘ਵਿਜੇ ਦਿਵਸ’ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਦੇਸ਼ ਦੇ ਵੀਰ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਇਸ ਦਿਨ ਨਾਲ ਸੰਬੰਧਿਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ। ਸਕੂਲ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਕਿਵੇਂ 16 ਦਸੰਬਰ 1971 ਨੂੰ ਭਾਰਤੀ ਫੌਜ ਨੇ ਪਾਕਿਸਤਾਨੀ ਫੌਜ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਇੱਕ ਨਵੇਂ ਦੇਸ਼ ‘ਬੰਗਲਾਦੇਸ਼’ ਦਾ ਜਨਮ ਹੋਇਆ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਵਿਜੇ ਦਿਵਸ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ 1971 ਵਿੱਚ ਭਾਰਤ-ਪਾਕਿਸਤਾਨ ਦਰਮਿਆਨ ਹੋਈ ਜੰਗ ਦੇ ਅੰਤ ਵਿੱਚ, ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਏ.ਏ.ਕੇ. ਨਿਆਜ਼ੀ ਨੇ ਆਪਣੇ 93,000 ਸੈਨਿਕਾਂ ਸਮੇਤ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਅੱਗੇ ਹਥਿਆਰ ਸੁੱਟ ਦਿੱਤੇ ਸਨ। ਦੂਜੀ ਸੰਸਾਰ ਜੰਗ ਤੋਂ ਬਾਅਦ ਇਹ ਕਿਸੇ ਵੀ ਫੌਜ ਦਾ ਸਭ ਤੋਂ ਵੱਡਾ ਆਤਮ-ਸਮਰਪਣ ਸੀ।ਇਸ ਜਿੱਤ ਦੇ ਨਤੀਜੇ ਵਜੋਂ ਦੁਨੀਆ ਦੇ ਨਕਸ਼ੇ ‘ਤੇ ਇੱਕ ਨਵਾਂ ਦੇਸ਼ ‘ਬੰਗਲਾਦੇਸ਼’ ਹੋਂਦ ਵਿੱਚ ਆਇਆ। ਇਸ ਤੋਂ ਪਹਿਲਾਂ ਇਹ ਇਲਾਕਾ ‘ਪੂਰਬੀ ਪਾਕਿਸਤਾਨ’ ਵਜੋਂ ਜਾਣਿਆ ਜਾਂਦਾ ਸੀ।ਉਹਨਾਂ ਅੱਗੇ ਕਿਹਾ ਕਿ ਵਿਜੇ ਦਿਵਸ ਸਿਰਫ਼ ਇੱਕ ਜਿੱਤ ਦਾ ਦਿਨ ਨਹੀਂ ਹੈ, ਸਗੋਂ ਇਹ ਸਾਡੀ ਫੌਜ ਦੇ ਅਦੁੱਤੀ ਸਾਹਸ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ।” ਉਨ੍ਹਾਂ ਕਿਹਾ ਕਿ ਅਜਿਹੇ ਦਿਹਾੜੇ ਮਨਾਉਣ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨਾ ਹੈ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਫੌਜੀਆਂ ‘ਤੇ ਮਾਣ ਹੈ ਜੋ ਸਰਹੱਦਾਂ ‘ਤੇ ਦਿਨ-ਰਾਤ ਪਹਿਰਾ ਦੇ ਕੇ ਸਾਨੂੰ ਸੁਰੱਖਿਅਤ ਰੱਖਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਫੌਜ ਦੇ ਜਵਾਨਾਂ ਵਾਂਗ ਅਨੁਸ਼ਾਸਿਤ ਬਣਨ ਅਤੇ ਦੇਸ਼ ਦੀ ਸੇਵਾ ਵਿੱਚ ਯੋਗਦਾਨ ਪਾਉਣ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।