Latest News & Updates

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਬਾਲ ਦਿਵਸ ਦੀਆਂ ਰੌਣਕਾਂ

ਨੰਨੇ-ਮੁੰਨੇ ਬੱਚਿਆਂ ਨੇ ਡਰਾਇੰਗ ਬਣਾਈਆਂ, ਕਵਿਤਾਵਾਂ ਸੁਣਾਈਆਂ ਅਤੇ ਡਾਂਸ ਪੇਸ਼ ਕਰਕੇ ਮਨ ਮੋਹਿਆ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਦੇ ਹਿੱਸੇ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਨੰਨੇ-ਮੁੰਨੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆਂ ਵੱਲੋਂ ਬਾਲ ਦਿਵਸ ਨਾਲ ਸਬੰਧਤ ਸੁੰਦਰ ਚਾਰਟ ਅਤੇ ਡਰਾਇੰਗਾਂ ਬਣਾਈਆਂ ਗਈਆਂ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਨੰਨੇ-ਮੁੰਨੇ ਵਿਦਿਆਰਥੀਆਂ ਨੇ ਸਮੂਹਿਕ ਡਾਂਸ ਪੇਸ਼ ਕਰਕੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਕਈ ਬੱਚੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਪਹਿਰਾਵੇ ਵਿੱਚ ਸਜ ਕੇ ਸਕੂਲ ਪਹੁੰਚੇ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪਰਮਜੀਤ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ 14 ਨਵੰਬਰ ਦਾ ਦਿਨ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦਾ ਜਨਮ 14 ਨਵੰਬਰ, 1889 ਨੂੰ ਇਲਾਹਾਬਾਦ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦਾ ਵਿਸ਼ੇਸ਼ ਪਿਆਰ ਸੀ, ਜਿਸ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ। ਉਹ ਬੱਚਿਆਂ ਨੂੰ ਦੇਸ਼ ਦਾ ਭਵਿੱਖ ਅਤੇ ਰਾਸ਼ਟਰ ਦੇ ਨਿਰਮਾਤਾ ਮੰਨਦੇ ਸਨ। ਇਸ ਮੌਕੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੇਸ਼ ਵਿੱਚ ਸਿੱਖਿਆ ਦੇ ਪਸਾਰ ਅਤੇ ਉੱਚ ਸਿੱਖਿਆ ਸੰਸਥਾਵਾਂ ਦੇ ਵਿਕਾਸ ਨੂੰ ਵਿਸ਼ੇਸ਼ ਮਹੱਤਵ ਦਿੱਤਾ। ਉਨ੍ਹਾਂ ਦਾ ਮੰਨਣਾ ਸੀ ਕਿ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਤਰ੍ਹਾਂ ਨੰਨੇ-ਮੁੰਨੇ ਬੱਚਿਆਂ ਨੇ ਖੇਡਾਂ, ਕਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਇਸ ਦਿਨ ਨੂੰ ਯਾਦਗਾਰੀ ਬਣਾਇਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।