Latest News & Updates

ਬਲੂਮਿੰਗ ਬਡਜ਼ ਸਕੂਲ ਦੇ ਤੀਰਅੰਦਾਜ਼ਾਂ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਚਮਕਾਇਆ ਨਾਮ

ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ

ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਦੇ ਹੋਣਹਾਰ ਤੀਰਅੰਦਾਜ਼ਾਂ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਪਟਿਆਲਾ ਅਤੇ ਸੰਗਰੂਰ ਵਿਖੇ ਕਰਵਾਏ ਗਏ, ਜਿਨ੍ਹਾਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-17 ਲੜਕਿਆਂ ਦੇ ਕੰਪਾਊਂਡ ਆਰਚਰੀ ਵਰਗ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀ ਰਿਪਜੋਤ ਸਿੰਘ ਨੇ ਸ਼ਾਨਦਾਰ ਨਿਸ਼ਾਨੇਬਾਜ਼ੀ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਰਿਕਰਵ ਆਰਚਰੀ ਮੁਕਾਬਲੇ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀ ਗੁਰਾਂਸ਼ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਅੰਡਰ-14 ਲੜਕਿਆਂ ਦੇ ਰਿਕਰਵ ਆਰਚਰੀ ਵਰਗ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇਹਨਾਂ ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਸਵੇਰ ਦੀ ਸਭਾ ਵਿੱਚ ਸਟੇਜ ਤੇ ਬੁਲਾ ਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਤੇ ਵਇਸ ਪ੍ਰਿੰਸੀਪਲ ਡਾ. ਨਿਧੀ ਬਰਾੜ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਇਸ ਪ੍ਰਾਪਤੀ ‘ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਵੱਲੋਂ ਵਿੱਦਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਤਾ ਦਿੱਤੀ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਬੱਚੇ ਦਾ ਸਰਵਪੱਖੀ ਵਿਕਾਸ ਸਿਰਫ਼ ਕਿਤਾਬੀ ਗਿਆਨ ਨਾਲ ਹੀ ਨਹੀਂ, ਸਗੋਂ ਖੇਡਾਂ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨਾਲ ਵੀ ਹੁੰਦਾ ਹੈ। ਇਸੇ ਸੋਚ ਸਦਕਾ ਸਕੂਲ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਦੋਵਾਂ ਖੇਤਰਾਂ ਵਿੱਚ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕਰ ਰਿਹਾ ਹੈ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਆਪਣੇ ਉਦੇਸ਼ ਨੂੰ ਸਫਲਤਾਪੂਰਵਕ ਪੂਰਾ ਕਰ ਰਿਹਾ ਹੈ। ਇਸ ਮੌਕੇ ਆਰਚਰੀ ਕੋਚ ਸ. ਧਰਮਿੰਦਰ ਸਿੰਘ ਦੀ ਵਿਸ਼ੇਸ਼ ਸ਼ਲਾਘਾ ਕੀਤੀ ਗਈ, ਜੋ ਆਪਣੀ ਮਿਹਨਤ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ ਖਿਡਾਰੀਆਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀ ਲਗਾਤਾਰ ਆਪਣੀ ਖੇਡ ਵਿੱਚ ਸੁਧਾਰ ਕਰਦੇ ਹੋਏ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾ ਰਹੇ ਹਨ। ਸਕੂਲ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਸ੍ਰੀਮਤੀ ਕਮਲ ਸੈਣੀ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਧਰਮਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਵੱਡੀਆਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।