Latest News & Updates

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ

ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਜਪਲੀਨ ਸਿੰਘ ਨੇ ਜਿੱਤਿਆ ਸੋਨੇ ਦਾ ਤਗਮਾ, ਹਰਮੀਤ ਸਿੰਘ ਗਿੱਲ ਨੇ ਚਾਂਦੀ ਦੇ ਤਗਮੇ 'ਤੇ ਕੀਤਾ ਕਬਜ਼ਾ

ਬਲੂਮਿੰਗ ਬਡਜ਼ ਸਕੂਲ, ਮੋਗਾ ਦੇ ਦੋ ਹੋਣਹਾਰ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਖੰਨਾ ਵਿਖੇ ਕਰਵਾਏ ਗਏ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਖਿਡਾਰੀਆਂ ਨੇ ਭਾਗ ਲਿਆ। ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀ ਜਾਪਲੀਨ ਸਿੰਘ ਨੇ 66 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ, ਜਦਕਿ ਹਰਮੀਤ ਸਿੰਘ ਗਿੱਲ ਨੇ 74 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਵਾਧਾ ਕੀਤਾ। ਸਕੂਲ ਦੀ ਸਵੇਰ ਦੀ ਸਭਾ ਦੌਰਾਨ ਦੋਵਾਂ ਜੇਤੂ ਖਿਡਾਰੀਆਂ ਨੂੰ ਸਟੇਜ ‘ਤੇ ਬੁਲਾ ਕੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਸਮੂਹ ਸਟਾਫ਼ ਵੱਲੋਂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਉਹਨਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਜਿੱਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜਪਲੀਨ ਸਿੰਘ ਅਤੇ ਹਰਮੀਤ ਸਿੰਘ ਗਿੱਲ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਨੇ ਖਿਡਾਰੀਆਂ ਦੀ ਲਗਨ ਅਤੇ ਮਿਹਨਤ ਦੇ ਨਾਲ-ਨਾਲ ਕੋਚ ਮਿਸਿਜ਼ ਰਮਾ ਸੈਣੀ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਸਕੂਲ ਦੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ੍ਰੀਮਤੀ ਕਮਲ ਸੈਣੀ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਫਲਤਾ ਸਕੂਲ ਵੱਲੋਂ ਖਿਡਾਰੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਉੱਚ ਪੱਧਰੀ ਖੇਡ ਮੰਚ, ਬਿਹਤਰ ਸਹੂਲਤਾਂ ਅਤੇ ਉਤਸ਼ਾਹ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਵਚਨਬੱਧ ਹੈ। ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਕੋਚ ਮਿਸਿਜ਼ ਰਮਾ ਸੈਣੀ ਅਤੇ ਦੋਵਾਂ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।