Latest News & Updates

ਬਲੂਮਿੰਗ ਬਡਜ਼ ਸਕੂਲ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ਵਿਸ਼ੇਸ਼ ਸਭਾ ਦਾ ਆਯੋਜਨ

‘ਖੁਸ਼ਹਾਲੀ ਲਈ ਇਮਾਨਦਾਰੀ’ ਵਿਸ਼ੇ ’ਤੇ ਵਿਦਿਆਰਥੀਆਂ ਨੇ ਦਿੱਤਾ ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣ ਦਾ ਸੰਦੇਸ਼

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਮੌਕੇ ’ਤੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਇਹ ਹਫ਼ਤਾ ਹਰ ਸਾਲ 26 ਅਕਤੂਬਰ ਤੋਂ 1 ਨਵੰਬਰ ਤੱਕ ਮਨਾਇਆ ਜਾਂਦਾ ਹੈ। ਇਸ ਸਾਲ ਦੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਵਿਸ਼ਾ ‘ਖੁਸ਼ਹਾਲੀ ਲਈ ਇਮਾਨਦਾਰੀ’ ਰੱਖਿਆ ਗਿਆ ਹੈ, ਜਿਸ ਦਾ ਮੁੱਖ ਉਦੇਸ਼ ਸਮਾਜ ਵਿੱਚ ਇਮਾਨਦਾਰੀ, ਪਾਰਦਰਸ਼ਤਾ, ਜਵਾਬਦੇਹੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਜੀਲੈਂਸ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਵੱਲੋਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ, ਇਮਾਨਦਾਰੀ ਦੀ ਮਹੱਤਤਾ, ਨੈਤਿਕ ਜ਼ਿੰਮੇਵਾਰੀ ਅਤੇ ਇੱਕ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਨਾਲ ਸਬੰਧਤ ਆਕਰਸ਼ਕ ਚਾਰਟ ਅਤੇ ਪੋਸਟਰ ਤਿਆਰ ਕੀਤੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਇਸ ਵਿਸ਼ੇ ਨਾਲ ਸਬੰਧਤ ਲੇਖ ਅਤੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿੱਚ ਰੁਕਾਵਟ ਬਣਦਾ ਹੈ ਅਤੇ ਇਮਾਨਦਾਰੀ ਕਿਸੇ ਵੀ ਦੇਸ਼ ਦੀ ਮਜ਼ਬੂਤ ਨੀਂਹ ਹੁੰਦੀ ਹੈ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਇਮਾਨਦਾਰੀ ਸਿਰਫ਼ ਇੱਕ ਵਿਅਕਤੀਗਤ ਗੁਣ ਹੀ ਨਹੀਂ, ਸਗੋਂ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੀ ਪਹਿਚਾਣ ਵੀ ਹੈ। ਜੇਕਰ ਹਰ ਵਿਅਕਤੀ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਵੇ ਤਾਂ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਦੇਸ਼ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਣ ਵਿੱਚ ਮਦਦ ਮਿਲ ਸਕਦੀ ਹੈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਇਮਾਨਦਾਰੀ, ਨੈਤਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਗੁਣਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਕੱਲ੍ਹ ਦੇ ਜ਼ਿੰਮੇਵਾਰ ਨਾਗਰਿਕ ਅਤੇ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ। ਉਹਨਾਂ ਅੱਗੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਨਾ ਸਿਰਫ਼ ਜਾਗਰੂਕਤਾ ਪੈਦਾ ਕਰਦੀਆਂ ਹਨ, ਸਗੋਂ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਸੱਚਾਈ, ਇਮਾਨਦਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਇਸ ਤਰ੍ਹਾਂ ਇਹ ਵਿਸ਼ੇਸ਼ ਸਭਾ ਵਿਦਿਆਰਥੀਆਂ ਨੂੰ ਇਮਾਨਦਾਰੀ ਦਾ ਰਾਹ ਅਪਣਾਉਣ ਅਤੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਪ੍ਰੇਰਣਾਦਾਇਕ ਸੰਦੇਸ਼ ਦੇ ਕੇ ਸੰਪੰਨ ਹੋਈ।