Latest News & Updates

ਬਲੂਮਿੰਗ ਬਡਜ਼ ਸਕੂਲ ਵਿੱਚ ਮਨਾਇਆ ਗਿਆ ਰਾਸ਼ਟਰੀ ਏਕਤਾ ਦਿਵਸ

ਵਿਦਿਆਰਥੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਜੀਵਨ ਅਤੇ ਰਾਸ਼ਟਰੀ ਏਕਤਾ ਦੀ ਮਹੱਤਤਾ ਬਾਰੇ ਸਾਂਝੀ ਕੀਤੀ ਜਾਣਕਾਰੀ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸ੍ਰੀਮਤੀ ਇੰਦਰਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਰਾਜਨੀਤਿਕ ਸਫ਼ਰ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਭਾਰਤ ਦੀ ਤਾਕਤ ਇਸ ਦੀ ਵਿਭਿੰਨਤਾ ਵਿੱਚ ਏਕਤਾ ਹੈ ਅਤੇ ਦੇਸ਼ ਦੀ ਤਰੱਕੀ ਲਈ ਸਾਰੇ ਨਾਗਰਿਕਾਂ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਹੋਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰ ਸਾਲ 19 ਨਵੰਬਰ ਨੂੰ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਏਕਤਾ ਦਿਵਸ (ਕੌਮੀ ਏਕਤਾ ਦਿਵਸ) ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਦੀ ਏਕਤਾ, ਅਖੰਡਤਾ, ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਸਮਰਪਿਤ ਹੈ। ਇੰਦਰਾ ਗਾਂਧੀ ਦੇ ਜਨਮ ਦਿਵਸ ਨੂੰ ਇਸ ਦਿਵਸ ਵਜੋਂ ਮਨਾਉਣ ਦਾ ਉਦੇਸ਼ ਉਨ੍ਹਾਂ ਦੀ ਯਾਦ ਨੂੰ ਸਨਮਾਨ ਦੇਣ ਦੇ ਨਾਲ-ਨਾਲ ਦੇਸ਼ ਵਾਸੀਆਂ ਵਿੱਚ ਰਾਸ਼ਟਰੀ ਏਕਤਾ ਅਤੇ ਇੱਕਜੁੱਟਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਭਾਰਤ ਵਰਗੇ ਵੱਖ-ਵੱਖ ਭਾਸ਼ਾਵਾਂ, ਧਰਮਾਂ ਅਤੇ ਸੱਭਿਆਚਾਰਾਂ ਵਾਲੇ ਦੇਸ਼ ਦੀ ਅਸਲ ਤਾਕਤ ਆਪਸੀ ਪਿਆਰ, ਸਤਿਕਾਰ ਅਤੇ ਏਕਤਾ ਵਿੱਚ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰੀ ਏਕਤਾ ਕਿਸੇ ਵੀ ਦੇਸ਼ ਦੀ ਤਾਕਤ ਅਤੇ ਤਰੱਕੀ ਦਾ ਆਧਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਜਾਤ, ਧਰਮ, ਭਾਸ਼ਾ ਅਤੇ ਖੇਤਰ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇੱਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇੱਕ ਚੰਗਾ ਨਾਗਰਿਕ ਬਣਾਉਣ ਲਈ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ।