Latest News & Updates

ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ੍ਰੀਮਤੀ ਕਮਲ ਸੈਣੀ ਦੀ ਅਗਵਾਈ ਹੇਠ ਸਿੱਖ ਧਰਮ ਦੇ ਮੋਢੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ਼ਬਦਾਂ ਦਾ ਬਹੁਤ ਹੀ ਸੁਰੀਲੇ ਅਤੇ ਸ਼ਰਧਾਪੂਰਵਕ ਢੰਗ ਨਾਲ ਗਾਇਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਗਾਇਆ ਗਿਆ ਸ਼ਬਦ ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ, ਜਿਉਂ ਕਰਿ ਸੂਰਜ ਨਿਕਲਿਆ ਤਾਰੇ ਛਿਪੇ ਅੰਧੇਰ ਪਲੋਆ’ ਨੇ ਸਮੁੱਚੇ ਮਾਹੌਲ ਨੂੰ ਅਲੌਕਿਕ ਅਤੇ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ਨੂੰ ਦਰਸਾਉਂਦੇ ਸੁੰਦਰ ਅਤੇ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਅਤੇ ਲੇਖਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਭਲਾਈ, ਸਮਾਜਿਕ ਬਰਾਬਰੀ ਅਤੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਸਮਰਪਿਤ ਕੀਤਾ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸਰਬਪੱਖੀ ਜੀਵਨ ਸਿਧਾਂਤ ਦਿੱਤਾ। ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀਆਂ ਚਾਰ ਉਦਾਸੀਆਂ ਅਤੇ ਵਿਸ਼ਵ ਭਰ ਵਿੱਚ ਦਿੱਤੇ ਗਏ ਉਨ੍ਹਾਂ ਦੇ ਮਾਨਵਤਾਵਾਦੀ ਸੰਦੇਸ਼ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਕੇਵਲ ਸਿੱਖ ਧਰਮ ਦੇ ਰਹਿਬਰ ਹੀ ਨਹੀਂ ਸਨ, ਸਗੋਂ ਉਹ ਇੱਕ ਮਹਾਨ ਸਮਾਜ ਸੁਧਾਰਕ ਵੀ ਸਨ, ਜਿਨ੍ਹਾਂ ਨੇ ਜਾਤ-ਪਾਤ, ਊਚ-ਨੀਚ, ਅੰਧਵਿਸ਼ਵਾਸ ਅਤੇ ਸਮਾਜਿਕ ਵਿਤਕਰੇ ਦਾ ਡਟ ਕੇ ਵਿਰੋਧ ਕੀਤਾ। ਗੁਰੂ ਸਾਹਿਬ ਨੇ ਔਰਤਾਂ ਨੂੰ ਸਮਾਜ ਵਿੱਚ ਬਰਾਬਰ ਦਾ ਸਤਿਕਾਰ ਅਤੇ ਸਥਾਨ ਦੇਣ ਦਾ ਸੰਦੇਸ਼ ਦਿੰਦਿਆਂ ਫੁਰਮਾਇਆ: “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥” ਇਸ ਪਾਵਨ ਤੁਕ ਰਾਹੀਂ ਗੁਰੂ ਸਾਹਿਬ ਨੇ ਇਸਤਰੀ ਦੇ ਸਤਿਕਾਰ, ਸਮਾਨਤਾ ਅਤੇ ਸਮਾਜ ਵਿੱਚ ਉਸ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਮਹਾਨ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਬਾਣੀਆਂ ਅਤੇ ਸਿੱਖਿਆਵਾਂ ਮਨੁੱਖ ਨੂੰ ਸੱਚਾਈ, ਸਾਦਗੀ, ਨਿਮਰਤਾ ਅਤੇ ਨੇਕ ਕਰਮਾਂ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਗੁਰੂ ਸਾਹਿਬ ਨੇ ਸਮਾਜ ਨੂੰ ਵਹਿਮਾਂ-ਭਰਮਾਂ ਅਤੇ ਫਜ਼ੂਲ ਰੀਤੀ-ਰਿਵਾਜਾਂ ਤੋਂ ਦੂਰ ਰਹਿ ਕੇ ਇੱਕ ਅਕਾਲ ਪੁਰਖ ‘ਇੱਕ ਓਅੰਕਾਰ’ ਵਿੱਚ ਵਿਸ਼ਵਾਸ ਰੱਖਣ, ਇਮਾਨਦਾਰੀ ਨਾਲ ਮਿਹਨਤ ਕਰਨ, ਔਰਤਾਂ ਦਾ ਸਤਿਕਾਰ ਕਰਨ, ਕਿਸੇ ਵੀ ਜੀਵ ਨੂੰ ਦੁੱਖ ਨਾ ਪਹੁੰਚਾਉਣ, ਪਰਾਏ ਧਨ ਤੋਂ ਦੂਰ ਰਹਿਣ ਅਤੇ ਹਮੇਸ਼ਾ ਦੂਜਿਆਂ ਦੀ ਭਲਾਈ ਕਰਨ ਦਾ ਸੰਦੇਸ਼ ਦਿੱਤਾ। ਇਸ ਤਰ੍ਹਾਂ ਸਮੁੱਚਾ ਸਮਾਗਮ ਧਾਰਮਿਕ ਸ਼ਰਧਾ, ਗਿਆਨ ਅਤੇ ਰੂਹਾਨੀਅਤ ਦਾ ਸੁੰਦਰ ਸੁਮੇਲ ਹੋ ਨਿਬੜਿਆ। ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।