ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਮੋਗਾ ਸ਼ਹਿਰ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਵਿੱਚ ਪਾਏ ਅਹਿਮ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਲਾਹੌਰ ਵਿਖੇ ਪਿਤਾ ਸ੍ਰੀ ਹਰਿਦਾਸ ਜੀ ਸੋਢੀ ਅਤੇ ਮਾਤਾ ਦਇਆ ਕੌਰ ਜੀ ਦੇ ਘਰ ਹੋਇਆ ਸੀ। ਉਨ੍ਹਾਂ ਦਾ ਬਚਪਨ ਦਾ ਨਾਮ ਭਾਈ ਜੇਠਾ ਜੀ ਸੀ। ਬਚਪਨ ਵਿੱਚ ਹੀ ਮਾਤਾ-ਪਿਤਾ ਦੇ ਵਿਛੋੜੇ ਤੋਂ ਬਾਅਦ ਉਨ੍ਹਾਂ ਦਾ ਪਾਲਣ-ਪੋਸ਼ਣ ਉਨ੍ਹਾਂ ਦੇ ਨਾਨਾ-ਨਾਨੀ ਨੇ ਬਾਸਰਕੇ ਵਿਖੇ ਕੀਤਾ। ਬੇਮਿਸਾਲ ਨਿਮਰਤਾ, ਸੇਵਾ ਭਾਵਨਾ ਅਤੇ ਗੁਰੂ-ਭਗਤੀ ਸਦਕਾ ਉਹ ਸਿੱਖ ਧਰਮ ਦੇ ਚੌਥੇ ਗੁਰੂ ਬਣੇ ਅਤੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ ਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਸਿੱਖ ਧਰਮ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਨੇ ਚੱਕ ਰਾਮਦਾਸ ਦੀ ਸਥਾਪਨਾ ਕੀਤੀ, ਜੋ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੈ। ਗੁਰੂ ਸਾਹਿਬ ਨੇ ਸੰਗਤ ਅਤੇ ਪੰਗਤ ਦੀ ਪਰੰਪਰਾ ਨੂੰ ਮਜ਼ਬੂਤ ਕਰਦਿਆਂ ਸੇਵਾ, ਬਰਾਬਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ, ਨਿਮਰਤਾ ਅਪਣਾਉਣ ਅਤੇ ਸਮਾਜ ਵਿੱਚ ਪ੍ਰੇਮ ਤੇ ਸਦਭਾਵਨਾ ਕਾਇਮ ਰੱਖਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਲਈ ਅਹਿਮ ਯੋਗਦਾਨ ਪਾਇਆ। ਇਸ ਦੇ ਚਾਰ ਦਰਵਾਜ਼ੇ ਸਰਬ-ਸਾਂਝੀਵਾਲਤਾ, ਸਮਾਨਤਾ ਅਤੇ ਹਰ ਧਰਮ ਦੇ ਲੋਕਾਂ ਲਈ ਖੁੱਲ੍ਹੇਪਣ ਦਾ ਪ੍ਰਤੀਕ ਹਨ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਦੀ ਸੇਵਾ ਕਰਨ ਅਤੇ ਜਾਤ-ਪਾਤ ਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਭ ਨੂੰ ਬਰਾਬਰ ਸਮਝਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਅਤੇ ਅੱਜ ਵੀ ਲੱਖਾਂ ਸ਼ਰਧਾਲੂਆਂ ਲਈ ਆਤਮਿਕ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਡੇ ਜੀਵਨ ਲਈ ਚਾਨਣ-ਮੁਨਾਰਾ ਹਨ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਨਿਮਰਤਾ, ਇਮਾਨਦਾਰੀ, ਸੇਵਾ, ਦਇਆ ਅਤੇ ਆਪਸੀ ਸਤਿਕਾਰ ਵਰਗੇ ਗੁਣ ਆਪਣੇ ਜੀਵਨ ਵਿੱਚ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੇਵਲ ਪੜ੍ਹਨ ਤੱਕ ਸੀਮਿਤ ਨਾ ਰੱਖਣ, ਸਗੋਂ ਆਪਣੇ ਵਿਹਾਰ ਅਤੇ ਰੋਜ਼ਾਨਾ ਜੀਵਨ ਵਿੱਚ ਵੀ ਲਾਗੂ ਕਰਨ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਗੁਰੂ ਸਾਹਿਬ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।