Latest News & Updates

ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮਨਾਇਆ ਗਿਆ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਆਪਣੀ ਇੱਕ ਵਿਲੱਖਣ ਪਹਿਚਾਨ ਬਣਾ ਚੁੱਕੀ ਹੈ। ਸਕੂਲ ਵਿੱਚ ਹਰ ਇੱਕ ਵਿਸ਼ੇਸ਼ ਦਿਨ ਚਾਹੇ ਉਹ ਰਾਸ਼ਟਰੀ ਹੋਵੇ ਜਾਂ ਅੰਤਰਰਾਸ਼ਟਰੀ, ਜ਼ਰੂਰ ਮਨਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦੇ ਆਮ ਗਿਆਨ ਵਿੱਚ ਵਾਧਾ ਹੋ ਸਕੇ। ਇਸ ਲੜੀ ਦੇ ਤਹਿਤ ਸਕੂਲ ਵਿਖੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰੈੱਸ ਦੀ ਆਜ਼ਾਦੀ ਦੇ ਮਹੱਤਵ ਅਤੇ ਲੋਕਤੰਤਰ ਵਿੱਚ ਇਸਦੀ ਭੂਮਿਕਾ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਦਿਨ ਦੇ ਨਾਲ ਸਬੰਧਿਤ ਚਾਰਟ ਅਤੇ ਆਰਟੀਕਲ ਵੀ ਪੇਸ਼ ਕੀਤੇ ਗਏ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਦਿਆਂ ਦੱਸਿਆ ਕਿ ਪ੍ਰੈੱਸ ਕਿਸੇ ਵੀ ਲੋਕਤੰਤਰ ਦਾ ਚੌਥਾ ਥੰਮ੍ਹ ਹੁੰਦਾ ਹੈ ਅਤੇ ਇਸਦੀ ਆਜ਼ਾਦੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਆਜ਼ਾਦ ਅਤੇ ਨਿਰਪੱਖ ਪ੍ਰੈੱਸ ਹੀ ਲੋਕਾਂ ਨੂੰ ਸਹੀ ਜਾਣਕਾਰੀ ਦੇ ਸਕਦੀ ਹੈ ਅਤੇ ਸਰਕਾਰਾਂ ਨੂੰ ਜਵਾਬਦੇਹ ਬਣਾ ਸਕਦੀ ਹੈ। ਉਹਨਾਂ ਅੱਗੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਆਉਣ ਨਾਲ ਜਾਣਕਾਰੀ ਦਾ ਫੈਲਾਅ ਬਹੁਤ ਤੇਜ਼ ਹੋ ਗਿਆ ਹੈ, ਪਰ ਇਸ ਵਿੱਚ ਸਹੀ ਅਤੇ ਗਲਤ ਜਾਣਕਾਰੀ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਭਵਿੱਖ ਵਿੱਚ ਜ਼ਿੰਮੇਵਾਰ ਪੱਤਰਕਾਰ ਬਣਨ ਅਤੇ ਸਮਾਜ ਨੂੰ ਸਹੀ ਦਿਸ਼ਾ ਦੇਣ ਵਿੱਚ ਆਪਣਾ ਯੋਗਦਾਨ ਪਾਉਣ। ਸਕੂਲ਼ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਨੇ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪੱਤਰਕਾਰਾਂ ਨੂੰ ਨਿਰਪੱਖਤਾ ਅਤੇ ਬਿਨਾਂ ਕਿਸੇ ਡਰ ਦੇ ਆਪਣਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੱਤਰਕਾਰੀ ਦੇ ਮੂਲ ਸਿਧਾਂਤਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਆਉਣ ਵਾਲੀਆਂ ਚੁਣੌਤੀਆਂ ਬਾਰੇ ਵੀ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੈੱਸ ਦੀ ਆਜ਼ਾਦੀ ਦੇ ਮਹੱਤਵ ਨੂੰ ਸਮਝਣ ਅਤੇ ਇਸਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ ‘ਤੇ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਰਾਸ਼ਟਰੀ ਮੁੱਦਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।