Latest News & Updates

ਬਲੂਮਿੰਗ ਬਡਜ਼ ਸਕੂਲ ਵਿੱਚ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਦੀ ਅਗਵਾਈ ਹੇਠ ਭਾਰਤ ਰਤਨ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਬਰਸੀ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਜੀਵਨ, ਸੰਘਰਸ਼ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਅਦੁੱਤੀਯ ਯੋਗਦਾਨ ਬਾਰੇ ਜਾਣਕਾਰੀ ਭਰਪੂਰ ਲੇਖ ਪੇਸ਼ ਕੀਤਾ। ਵਿਦਿਆਰਥੀਆਂ ਨੇ ਦੱਸਿਆ ਕਿ ਕਿਵੇਂ ਇੱਕ ਸਧਾਰਨ ਪਰਿਵਾਰ ਵਿੱਚ ਜਨਮੇ ਡਾ. ਕਲਾਮ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਭਾਰਤ ਦੇ ਪ੍ਰਸਿੱਧ ਵਿਗਿਆਨੀ ਅਤੇ ਦੇਸ਼ ਦੇ 11ਵੇਂ ਰਾਸ਼ਟਰਪਤੀ ਬਣ ਕੇ ਪੂਰੀ ਦੁਨੀਆ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਦੇਖਿਆ ਅਤੇ ਵਿਗਿਆਨ, ਸਿੱਖਿਆ ਅਤੇ ਨਵੀਨਤਾ ਨੂੰ ਦੇਸ਼ ਦੀ ਤਰੱਕੀ ਦਾ ਆਧਾਰ ਮੰਨਿਆ। ਵਿਦਿਆਰਥੀਆਂ ਨੇ ਇਹ ਵੀ ਸਾਂਝਾ ਕੀਤਾ ਕਿ ਡਾ. ਕਲਾਮ ਨੂੰ ਬੱਚਿਆਂ ਅਤੇ ਨੌਜਵਾਨਾਂ ਨਾਲ ਬਹੁਤ ਪਿਆਰ ਸੀ। ਉਹ ਹਮੇਸ਼ਾ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਆਪਣੇ ਗਿਆਨ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹੇ। ਉਨ੍ਹਾਂ ਦੇ ਵਿਚਾਰ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਏ.ਪੀ.ਜੇ. ਅਬਦੁਲ ਕਲਾਮ ਦਾ ਜੀਵਨ ਸਾਦਗੀ, ਅਨੁਸ਼ਾਸਨ, ਦੇਸ਼ ਭਗਤੀ ਅਤੇ ਨਿਰੰਤਰ ਸਿੱਖਣ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਡਾ. ਕਲਾਮ ਦਾ ਵਿਸ਼ਵਾਸ ਸੀ ਕਿ ਅੱਜ ਦੇ ਵਿਦਿਆਰਥੀ ਹੀ ਕੱਲ੍ਹ ਦੇ ਭਾਰਤ ਦੇ ਨਿਰਮਾਤਾ ਹਨ। ਜੇਕਰ ਹਰ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਸਾਕਾਰ ਕਰਨ ਦਾ ਸੰਕਲਪ ਲਵੇ, ਤਾਂ ਭਾਰਤ ਨੂੰ ਵਿਕਸਤ ਅਤੇ ਸ਼ਕਤੀਸ਼ਾਲੀ ਰਾਸ਼ਟਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਵਿਦਿਆਰਥੀਆਂ ਨੂੰ ਡਾ. ਕਲਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਦੱਸੇ ਹੋਏ ਰਾਹ ‘ਤੇ ਚੱਲਣ ਅਤੇ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।