Latest News & Updates

ਬਲੂਮਿੰਗ ਬਡਜ਼ ਸਕੂਲ ਦੇ ਸ਼ੂਟਰਾਂ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਜਿੱਤੇ 2 ਗੋਲਡ ਮੈਡਲ

ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਕੂਲ ਲਗਾਤਾਰ ਸਿੱਖਿਆ, ਖੇਡਾਂ, ਸੱਭਿਆਚਾਰ ਅਤੇ ਹੋਰ ਗਤੀਵਿਧੀਆਂ ਵਿੱਚ ਨਵੀਆਂ ਪ੍ਰਾਪਤੀਆਂ ਕਰ ਰਿਹਾ ਹੈ। ਇਸੇ ਲੜੀ ਦੇ ਤਹਿਤ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿੱਚ 2 ਗੋਲਡ ਮੈਡਲ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ 27 ਅਕਤੂਬਰ ਤੋਂ 2 ਨਵੰਬਰ ਤੱਕ ਰੋਪੜ ਵਿਖੇ ਆਯੋਜਿਤ 70ਵੀਆਂ ਪੰਜਾਬ ਸਟੇਟ ਸਕੂਲ ਖੇਡਾਂ ਦੌਰਾਨ ਬਲੂਮਿੰਗ ਬਡਜ਼ ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਨੇ ਓਪਨ ਸਾਈਟ ਰਾਈਫਲ ਸ਼ੂਟਿੰਗ ਦੇ ਅੰਡਰ-19 ਵਰਗ ਵਿੱਚ ਟੀਮ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਕੇ 2 ਸੋਨ ਤਗਮੇ ਆਪਣੇ ਨਾਮ ਕੀਤੇ। ਇਨ੍ਹਾਂ ਮੁਕਾਬਲਿਆਂ ਵਿੱਚ ਕਰਨਵੀਰ ਸਿੰਘ ਸਹੋਤਾ ਅਤੇ ਮਨਵੀਰ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਅਤੇ ਨਿਸ਼ਾਨੇਬਾਜ਼ੀ ਦੇ ਜੌਹਰ ਦਿਖਾਉਂਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਲਗਭਗ 900 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਸਕੂਲ ਦੇ ਦੋਵੇਂ ਸ਼ੂਟਰਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਖੁਸ਼ੀ ਵਿੱਚ ਸਕੂਲ ਦੀ ਸਵੇਰ ਦੀ ਵਿਸ਼ੇਸ਼ ਅਸੈਂਬਲੀ ਦੌਰਾਨ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਈਸ ਪ੍ਰਿੰਸੀਪਲ ਡਾ. ਨਿਧੀ ਬਰਾੜ ਵੱਲੋਂ ਜੇਤੂ ਖਿਡਾਰੀਆਂ ਨੂੰ ਸਟੇਜ ‘ਤੇ ਬੁਲਾ ਕੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ, ਅਨੁਸ਼ਾਸਨ ਅਤੇ ਕੋਚ ਵੱਲੋਂ ਦਿੱਤੀ ਗਈ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਕੌਮੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਵੱਲੋਂ ਵਿਦਿਆਰਥੀਆਂ ਦੀ ਸ਼ੂਟਿੰਗ ਪ੍ਰਤਿਭਾ ਨੂੰ ਨਿਖਾਰਨ ਲਈ ਅੰਤਰਰਾਸ਼ਟਰੀ ਪੱਧਰ ਦੀ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਸ਼ੂਟਿੰਗ ਰੇਂਜ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਇਸ ਆਧੁਨਿਕ ਸ਼ੂਟਿੰਗ ਰੇਂਜ ਵਿੱਚ ਵਿਦਿਆਰਥੀ ਨਿਯਮਿਤ ਤੌਰ ’ਤੇ ਅਭਿਆਸ ਕਰਦੇ ਹਨ ਅਤੇ ਟਾਰਗੇਟ ’ਤੇ ਨਿਸ਼ਾਨਾ ਲਗਾਉਣ ਤੋਂ ਬਾਅਦ ਨਤੀਜਾ ਤੁਰੰਤ ਲੈਪਟਾਪ ਸਕਰੀਨ ’ਤੇ ਦੇਖ ਸਕਦੇ ਹਨ। ਆਧੁਨਿਕ ਤਕਨਾਲੋਜੀ ਨਾਲ ਲੈਸ ਇਹ ਸਹੂਲਤ ਖਿਡਾਰੀਆਂ ਨੂੰ ਆਪਣੀ ਤਕਨੀਕ, ਸਹੀ ਨਿਸ਼ਾਨੇ ਅਤੇ ਪ੍ਰਦਰਸ਼ਨ ਵਿੱਚ ਲਗਾਤਾਰ ਸੁਧਾਰ ਕਰਨ ਵਿੱਚ ਮਦਦ ਕਰਦੀ ਹੈ।