Latest News & Updates

ਬਲੂਮਿੰਗ ਬਡਜ਼ ਸਕੂਲ ਵਿੱਚ ਬਾਲ ਦਿਵਸ ਮੌਕੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਕੀਤਾ ਯਾਦ

ਵਿਦਿਆਰਥੀਆਂ ਲਈ ਕਰਵਾਈਆਂ ਗਈਆਂ ਵੱਖ-ਵੱਖ ਮਨੋਰੰਜਕ ਖੇਡਾਂ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸਵੇਰ ਦੀ ਸਭਾ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬਾਲ ਦਿਵਸ ਨਾਲ ਸਬੰਧਤ ਚਾਰਟ ਅਤੇ ਲੇਖ ਪੇਸ਼ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹਰ ਸਾਲ 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਬਾਲ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦਾ ਜਨਮ 14 ਨਵੰਬਰ, 1889 ਨੂੰ ਇਲਾਹਾਬਾਦ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦੇ ਵਿਸ਼ੇਸ਼ ਪਿਆਰ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ। ਉਹ ਬੱਚਿਆਂ ਨੂੰ ਦੇਸ਼ ਦਾ ਭਵਿੱਖ ਅਤੇ ਰਾਸ਼ਟਰ ਦੇ ਨਿਰਮਾਤਾ ਮੰਨਦੇ ਸਨ। ਇਸ ਮੌਕੇ ਵਿਦਿਆਰਥੀ ਚਾਚਾ ਨਹਿਰੂ ਦੀ ਪਹਿਰਾਵੇ ਵਿੱਚ ਸਜ ਕੇ ਸਕੂਲ ਪਹੁੰਚੇ। ਨਰਸਰੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਪੰਡਿਤ ਨਹਿਰੂ ਜੀ ਦੇ ਜੀਵਨ ਅਤੇ ਬਾਲ ਦਿਵਸ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਸਕੂਲ ਦੇ ਖੇਡ ਮੈਦਾਨ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ (ਫਨ ਗੇਮਜ਼) ਕਰਵਾਈਆਂ ਗਈਆਂ, ਜਿਨ੍ਹਾਂ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਇੱਕ ਮਹਾਨ ਲੇਖਕ, ਉੱਘੇ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਦੂਰਅੰਦੇਸ਼ੀ ਸੋਚ ਵਾਲੇ ਵਿਚਾਰਕ ਸਨ। ਉਨ੍ਹਾਂ ਕਿਹਾ ਕਿ ਬਾਲ ਦਿਵਸ ਬੱਚਿਆਂ ਦੀ ਪ੍ਰਤਿਭਾ, ਖੁਸ਼ੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਸਮਰਪਿਤ ਦਿਨ ਹੈ। ਇਸ ਦੌਰਾਨ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਡਿਤ ਨਹਿਰੂ ਜੀ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੇਸ਼ ਵਿੱਚ ਉੱਚ ਸਿੱਖਿਆ ਅਤੇ ਵਿਗਿਆਨਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਆਈ.ਆਈ.ਟੀ. ਅਤੇ ਹੋਰ ਉੱਚ ਸਿੱਖਿਆ ਸੰਸਥਾਵਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦਾ ਸੁਪਨਾ ਸੀ ਕਿ ਦੇਸ਼ ਦਾ ਹਰ ਬੱਚਾ ਸਿੱਖਿਆ ਪ੍ਰਾਪਤ ਕਰਕੇ ਇੱਕ ਜ਼ਿੰਮੇਵਾਰ ਨਾਗਰਿਕ ਬਣੇ।