Latest News & Updates

ਅਮਿਟ ਛਾਪ ਛੱਡਦਾ ਹੋਇਆ ਸਮਾਪਤ ਹੋਇਆ ਫੈਪ ਨੈਸ਼ਨਲ ਅਵਾਰਡ 2022

ਵਿਦਿਆਰਥੀ ਦੇ ਜੀਵਨ ਨੂੰ ਸਫਲ ਬਣਾਉਣ ਲਈ ਮਾਂ ਤੋਂ ਬਾਅਦ ਸੱਭ ਤੋਂ ਵੱਡਾ ਯੋਗਦਾਨ ਇੱਕ ਅਧਿਆਪਕ ਦਾ ਹੀ ਹੁੰਦਾ ਹੈ – ਹਰਪਾਲ ਚੀਮਾ

ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਜੋ ਪ੍ਰਾਈਵੇਟ ਸਕੂਲਾਂ, ਪ੍ਰਿੰਸੀਪਲ, ਅਧਿਆਪਕਾਂ ਅਤੇ ਰਾਸ਼ਟਰੀ ਪੱਧਰ ਤੇ ਖੇਡਾਂ ਵਿੱਚ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀ ਅਤੇ ਸਿੱਖਿਆ ਦੇ ਖੇਤਰ ਵਿੱਚ ਬੋਰਡ ਇਮਤਿਹਾਨਾਂ ਚ 98% ਤੋਂ ਉੱਪਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰੰ ਸਨਮਾਨਿਤ ਕਰਕੇ ਜੋ ਉਹਨਾਂ ਦੀ ਹੌਸਲਾ ਅਫਜ਼ਾਈ ਕਰ ਰਹੀ ਹੈ ਇਹ ਬਹੁਤ ਹੀ ਚੰਗਾ ਅਤੇ ਸ਼ਲਾਘਾਯੋਗ ਉਪਰਾਲਾ ਹੈ। ਇਸ ਨਾਲ ਸਾਡੇ ਪੰਜਾਬ ਦੀ ਸਿੱਖਿਆ ਅਤੇ ਖੇਡਾਂ ਦਾ ਪੱਧਰ ਹੋਰ ਵੀ ਉੱਚਾ ਹੋਵੇਗਾ ਅਤ ਪੰਜਾਬ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧੇਗਾ। ਇਹ ਵਿਚਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਕਰਵਾਏ ਗਏ ਫੈਪ ਨੈਸ਼ਨਲ ਅਵਾਰਡ 2022 ਚੰਡੀਗੜ ਯੁਨੀਵਰਸਿਟੀ ਵਿਖੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਪੇਸ਼ ਕੀਤੇ। ਇਸ ਸਮਾਗਮ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਇਲਾਵਾ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ, ਲੀਗਲ ਅਡਵਾਈਜ਼ਰ ਸੰਜੀਵ ਕੁਮਾਰ ਸੈਣੀ, ਕੋਰ ਕਮੇਟੀ ਪੰਜਾਬ ਦੇ ਮੈਂਬਰ ਦਵਿੰਦਰਪਾਲ ਸਿੰਘ ਰਿੰਪੀ ਤੇ ਹੋਰ ਮੈਂਬਰਾਂ ਦੇ ਨਾਲ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ 16 ਰਾਜਾਂ ਦੇ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕ, ਖਿਡਾਰੀ ਅਤੇ ਵਿਦਿਆਰਥੀ ਮੌਜੂਦ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਦੇ ਪ੍ਰਸਾਰ ਲਈ ਵਿਦਿਆਰਥੀਆਂ, ਅਧਿਆਪਕਾਂ, ਪ੍ਰਿੰਸੀਪਲਾਂ ਨੂੰ ਉਤਸ਼ਾਹਿਤ ਕਰਨ ਵਾਲੇ ਪ੍ਰੋਗਰਾਮ ਬੜ੍ਹਾ ਹੀ ਚੰਗਾ ਉਪਰਾਲਾ ਹੈ। ਇਸ ਨਾਲ ਉਹਨਾਂ ਦਾ ਮਨੋਬਲ ਉੱਚਾ ਹੁੰਦਾ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵੱਧਣ ਲਈ ਉਤਸ਼ਾਹ ਮਿਲਦਾ ਹੈ। ਉਹਨਾਂ ਨੇ ਨਿਜੀ ਸਕੂਲਾਂ ਵਿੱਚ ਕੰਮ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ ਕਰਨ ਲਈ ਫੈਡਰੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੱਕ ਵਿਦਿਆਰਥੀ ਦੇ ਜੀਵਨ ਨੂੰ ਸਫਲ ਬਣਾਉਣ ਲਈ ਮਾਂ ਤੋਂ ਬਾਅਦ ਸੱਭ ਤੋਂ ਵੱਡਾ ਯੋਗਦਾਨ ਇੱਕ ਅਧਿਆਪਕ ਦਾ ਹੀ ਹੁੰਦਾ ਹੈ। ਅੱਜ ਪੰਜਾਬ ਦੇ ਨੌਜਵਾਨ ਦੇਸ਼-ਵਿਦੇਸ਼ ਵਿੱਚ ਪੰਜਾਬ ਦਾ ਨਾਮ ਰਾਜਨੀਤੀ, ਸਟਾਰਟਅੱਪ, ਨੌਕਰੀ ਅਤੇ ਕਾਰੋਬਾਰ ਵਿੱਚ ਉੱਚਾ ਕਰ ਰਹੇ ਹਨ, ਜਿਸ ਵਿੱਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੈ। ਇਸ ਤੋਂ ਬਾਅਦ ਰਾਸ਼ਟਰੀ ਅਨੁਸੂਚਿਤ ਜਾਤੀ ਅਯੋਗ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਇਸ ਸਮਾਗਮ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਫੈਡਰੇਸ਼ਨ ਵੱਲੋਂ ਸਿੱਖਿਆਂ ਦੇ ਖੇਤਰ ਵਿੱਚ ਜਿਹੜੇ ਕੰਮ ਕੀਤੇ ਜਾ ਰਹੇ ਹਨ ਉਹ ਇੱਕ ਮੀਲ ਪੱਥਰ ਸਾਬਿਤ ਹੋਣਗੇ। ਇਸ ਦੇ ਨਾਲ-ਨਾਲ ਉਹਨਾਂ ਨੇ ਫੈਡਰੇਸ਼ਨ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਕਿ ਉਹ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇਣ ਉੱਪਰ ਵੀ ਜ਼ੋਰ ਦੇਣ, ਤਾਂ ਜੋ ਅੱਜ ਸਾਡੇ ਪਰਿਵਾਰਾਂ ਅਤੇ ਸਮਾਜ ਵਿੱਚ ਨੈਤਿਕਤਾ ਦਾ ਪੱਧਰ ਡਿੱਗਦਾ ਜਾ ਰਿਹਾ ਹੈ ਉਸਨੂੰ ਉੱਚਾ ਚੁੱਕਿਆ ਜਾਵੇ, ਬੱਚੇ ਆਪਣੇ ਮਾਤਾ-ਪਿਤਾ ਅਤੇ ਬਜ਼ੁਰਗਾਂ ਦਾ ਸਨਮਾਨ ਕਰਨ ਅਤੇ ਸਮਾਜ ਵਿੱਚ ਨੈਤਿਕਤਾ ਦੀ ਸਥਿਤੀ ਹੋਰ ਮਜਬੂਤ ਹੋ ਸਕੇ। ਇਸ ਮੌਕੇ 16 ਸੂਬਿਆਂ ਦੇ 1200 ਦੇ ਕਰੀਬ ਚੰਗਾ ਕੰਮ ਕਰਨ ਵਾਲੇ ਪ੍ਰਿੰਸੀਪਲ, ਚੰਗਾ ਨਤੀਜਾ ਲਿਆਉਣ ਵਾਲੇ ਅਧਿਆਪਕ, ਰਾਸ਼ਟਰੀ ਪੱਧਰ ਤੇ ਖੇਡਾਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਅਤੇ ਸਿੱਖਿਆ ਦੇ ਖੇਤਰ ਵਿੱਚ 98 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਾਈਡ ਆਫ ਪੰਜਾਬ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਫੈਡਰੇਸ਼ਨ ਵੱਲੋਂ ਪਹਿਲਾਂ ਵੀ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕਰਨ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਨੂੰ ਵੀ ਚੰਗੀ ਕਾਰਜ ਪ੍ਰਣਾਲੀ ਲਈ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਇੱਕ ਐਸਾ ਸੂਬਾ ਹੈ ਜਿਸ ਵਿੱਚ ਫੈਡਰੇਸ਼ਨ ਇੱਕ ਮੁੱਖ ਕਿਰਦਾਰ ਨਿਭਾ ਰਹੀ ਹੈ ਅਤੇ ਫੈਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਉਹਨਾਂ ਦੀ ਕੋਰ ਕਮੇਟੀ ਦੇ ਅਹੁਦੇਦਾਰਾਂ ਨੇ ਭਰਪੂਰ ਯੋਗਦਾਨ ਦੇ ਕੇ ਇਸ ਫੈਡਰੇਸ਼ਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਭੂਮਿਕਾ ਨਿਭਾ ਰਹੇ ਹਨ। ਫੈਪ ਅਵਾਰਡਸ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਿਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਘੋਸ਼ਨਾ ਕੀਤੀ ਕਿ ਪ੍ਰਾਈਡ ਆਫ ਪੰਜਾਬ ਅਵਾਰਡ ਨਾਲ ਸਨਮਾਨਿਤ ਵਿਦਿਆਰਥੀਆਂ ਨੂੰ ਯੂਨੀਵਰਸਿਟੀ 100 ਪ੍ਰਤੀਸ਼ਤ ਸਕਾਲਰਸ਼ਿਪ ਪ੍ਰਦਾਨ ਕਰੇਗੀ। ਫੈਪ ਅਵਾਰਡ ਦੀ ਸਮਾਪਤੀ ਵੇਲੇ ਫੈਡਰੇਸ਼ਨ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਸਨਮਾਨਿਤ ਹੋਏ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ, ਅਧਿਆਪਕਾਂ ਨੁੰ ਮੁਬਰਕਬਾਦ ਦਿੱਤੀ ਤੇ ਮੁੱਖ ਤੌਰ ਤੇ ਚੰਡੀਗੜ ਯੁਨੀਵਰਸਿਟੀ ਦੇ ਚਾਂਸਲਰ ਅਤੇ ਉਹਨਾਂ ਦੀ ਸਾਰੀ ਟੀਮ ਦਾ ਧੰਨਵਾਦ ਕੀਤਾ ਜਿਹਨਾਂ ਦੇ ਸਦਕਾ ਹੀ ਇਹ ਦੋ ਦਿਨਾਂ ਦਾ ਪ੍ਰੋਗਰਾਮ ਸਫਲ ਹੋ ਸਕਿਆ।

Comments are closed.